ਪੰਜਾਬ ‘ਚ ਕਿਸਾਨ ਕਰਜ਼ਾ ਮੁਆਫੀ ਦਾ ਨੋਟੀਫਿਕੇਸ਼ਨ  ਜਾਰੀ ਕਰਨ ਦੀਆਂ ਤਿਆਰੀਆਂ ਸ਼ੁਰੂ

ਪੰਜਾਬ ‘ਚ ਕਿਸਾਨ ਕਰਜ਼ਾ ਮੁਆਫੀ ਦਾ ਨੋਟੀਫਿਕੇਸ਼ਨ  ਜਾਰੀ ਕਰਨ ਦੀਆਂ ਤਿਆਰੀਆਂ ਸ਼ੁਰੂ

 

ਜਲੰਧਰ - ਪੰਜਾਬ ਵਿਚ ਸਰਕਾਰ ਵਲੋਂ ਛੋਟੇ ਤੇ ਸਰਹੱਦੀ ਕਿਸਾਨਾਂ ਦਾ ਕਰਜ਼ਾ ਮੁਆਫ ਕਰਨ ਲਈ ਨੋਟੀਫਿਕੇਸ਼ਨ ਜਾਰੀ ਕਰਨ ਦੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ। ਸਰਕਾਰੀ ਹਲਕਿਆਂ ਤੋਂ ਪਤਾ ਲੱਗਾ ਹੈ ਕਿ ਅਗਲੇ ਕੁਝ ਦਿਨਾਂ ਵਿਚ ਨੋਟੀਫਿਕੇਸ਼ਨ  ਨੂੰ ਅੰਤਿਮ ਰੂਪ ਦੇ ਦਿੱਤਾ ਜਾਵੇਗਾ ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਇੰਗਲੈਂਡ ਤੋਂ ਵਾਪਸ ਆਉਂਦਿਆਂ ਹੀ ਹੋਣ ਵਾਲੀ ਪੰਜਾਬ ਕੈਬਨਿਟ ਦੀ ਬੈਠਕ ਵਿਚ ਇਸ ਨੂੰ ਪੇਸ਼ ਕਰ ਕੇ ਮਨਜ਼ੂਰੀ ਦੇ ਦਿੱਤੀ ਜਾਵੇਗੀ। ਕੈਪਟਨ ਅਮਰਿੰਦਰ ਸਿੰਘ ਨੇ ਪਹਿਲੇ ਪੜਾਅ ਵਿਚ ਛੋਟੇ ਕਿਸਾਨਾਂ ਨੂੰ ਰਾਹਤ ਦੇਣ ਦਾ ਐਲਾਨ ਕੀਤਾ ਸੀ। ਇਸ ਨੂੰ ਦੇਖਦਿਆਂ ਹੀ ਬਜਟ ਵਿਚ ਸਰਕਾਰ ਨੇ ਛੋਟੇ ਕਿਸਾਨਾਂ ਦਾ ਕਰਜ਼ਾ ਮੁਆਫ ਕਰਨ ਦਾ ਐਲਾਨ ਕੀਤਾ।

ਸੂਤਰਾਂ ਨੇ ਕਿਹਾ ਕਿ ਭਾਵੇਂ ਕੇਂਦਰ ਸਰਕਾਰ ਨੇ ਅਜੇ ਤੱਕ ਪੰਜਾਬ ਸਰਕਾਰ ਵਲੋਂ ਕਰਜ਼ਾ ਲੈਣ ਦੀ ਹੱਦ ਵਿਚ ਵਾਧਾ ਕਰਨ ਦੀ ਸਿਫਾਰਿਸ਼ 'ਤੇ ਆਪਣਾ ਜਵਾਬ ਨਹੀਂ ਦਿੱਤਾ ਹੈ ਪਰ ਮੁੱਖ ਮੰਤਰੀ ਨੂੰ ਉਮੀਦ ਹੈ ਕਿ ਕੇਂਦਰ ਵਲੋਂ ਜਲਦੀ ਹੀ ਇਸ ਸੰਬੰਧ ਵਿਚ ਆਪਣਾ ਜਵਾਬ ਦੇ ਦਿੱਤਾ ਜਾਵੇਗਾ। ਸੂਬਾ ਸਰਕਾਰ ਨੇ ਕਰਜ਼ਾ ਲੈਣ ਦੀ ਹੱਦ ਵਿਚ ਵਾਧਾ ਕਰਨ ਦੀ ਸਿਫਾਰਿਸ਼ ਇਸ ਲਈ ਕੀਤੀ ਹੈ ਤਾਂ ਜੋ ਉਹ ਹੋਰ ਜ਼ਿਆਦਾ ਕਰਜ਼ਾ ਲੈ ਕੇ ਛੋਟੇ ਤੇ ਸਰਹੱਦੀ ਕਿਸਾਨਾਂ ਦਾ ਕਰਜ਼ਾ ਮੁਆਫ ਕਰ ਸਕੇ। ਸਰਕਾਰੀ ਹਲਕਿਆਂ ਨੇ ਦੱਸਿਆ ਕਿ ਮੁੱਖ ਮੰਤਰੀ ਵਲੋਂ ਬਣਾਈ ਗਈ ਟੀ. ਹੱਕ ਕਮੇਟੀ  ਦੀ ਰਿਪੋਰਟ 'ਤੇ ਵੀ ਸਰਕਾਰ ਨੇ ਵਿਚਾਰ ਕਰ ਲਿਆ ਹੈ ਤੇ ਖੇਤੀ ਨੂੰ ਇਕ ਲਾਭਦਾਇਕ ਧੰਦਾ ਬਣਾਉਣ ਲਈ ਕੀਤੀਆਂ ਗਈਆਂ ਲੰਬੇ ਸਮੇਂ ਦੀਆਂ ਸਿਫਾਰਿਸ਼ਾਂ 'ਤੇ ਧਿਆਨ ਦਿੱਤਾ ਜਾਵੇਗਾ।

ਇਸ ਦੌਰਾਨ ਸੂਬਾ ਸਰਕਾਰ ਨੇ ਦੱਸਿਆ ਕਿ 2017-18 ਦੇ ਸਾਲਾਨਾ ਬਜਟ ਵਿਚ ਕੈਪਟਨ ਅਮਰਿੰਦਰ ਸਿੰਘ ਦੇ ਨਿਰਦੇਸ਼ਾਂ 'ਤੇ ਛੋਟੇ ਤੇ ਸਰਹੱਦੀ ਕਿਸਾਨਾਂ ਦਾ ਕਰਜ਼ਾ ਮੁਆਫ ਕਰਨ ਲਈ 1500 ਕਰੋੜ ਰੁਪਏ ਦੀ ਵਿਵਸਥਾ ਕੀਤੀ ਗਈ ਸੀ, ਇਸ ਨੂੰ ਲਾਗੂ ਕਰਨ ਲਈ ਸਰਕਾਰ ਨੇ ਕੇਂਦਰ ਕੋਲੋਂ ਸੂਬੇ ਦੀ 10,000  ਕਰੋੜ ਤੱਕ ਕਰਜ਼ਾ ਲੈਣ ਦੀ ਹੱਦ ਵਿਚ ਵਾਧਾ ਕਰਨ ਲਈ ਕਿਹਾ ਹੈ। ਕਾਂਗਰਸ ਸਰਕਾਰ ਸੂਬੇ ਵਿਚ 10.5 ਲੱਖ ਛੋਟੇ ਤੇ ਸਰਹੱਦੀ ਕਿਸਾਨਾਂ ਨੂੰ ਰਾਹਤ ਦੇਣਾ ਚਾਹੁੰਦੀ ਹੈ।